ਸਿੰਘੂ ਬਾਰਡਰ ’ਤੇ ਨਿਹੰਗਾਂ ਵਲੋਂ ਬੇਰਹਿਮੀ ਨਾਲ ਕਤਲ ਕੀਤੇ ਲਖਬੀਰ ਸਿੰਘ ਦੀ ਦੇਹ ਤਰਨਤਾਰਨ ਜ਼ਿਲ੍ਹੇ ’ਚ ਸਥਿਤ ਉਸ ਦੇ ਪਿੰਡ ਚੀਮਾ ਵਿਚ ਪਹੁੰਚਣ ਨੂੰ ਲੈ ਕੇ ਵਿਰੋਧ ਸ਼ੁਰੂ ਹੋ ਗਿਆ ਹੈ। ਪਿੰਡ ਵਾਸੀਆਂ ਦੇ ਨਾਲ ਪੰਚਾਇਤ ਮੈਂਬਰਾਂ ਨੇ ਕਿਹਾ ਹੈ ਕਿ ਜਿਸ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਦੋਸ਼ ਲੱਗਾ ਹੈ, ਉਸ ਦਾ ਅੰਤਿਮ ਸੰਸਕਾਰ ਪਿੰਡ ਵਿਚ ਨਹੀਂ ਹੋਣ ਦਿੱਤਾ ਜਾਵੇਗਾ।
ਗੁੱਸੇ ਵਿਚ ਆਏ ਕੁਝ ਪਿੰਡ ਵਾਸੀਆਂ ਨੇ ਕਿਹਾ ਕਿ ਲਖਬੀਰ ਸਿੰਘ ਵੱਲੋਂ ਜੋ ਘਟਨਾ ਕੀਤੀ ਗਈ ਭਾਵੇਂ ਕਿ ਉਹ ਲਾਲਚ ਜਾਂ ਨਸ਼ੇ ਦੀ ਲੋਰ ਵਿਚ ਕੀਤੀ ਗਈ ਪਰ ਇਹ ਬੜੀ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਲਖਬੀਰ ਸਿੰਘ ਦੀ ਮ੍ਰਿਤਕ ਦੇਹ ਦਾ ਦਿੱਲੀ ਵਿਚ ਹੀ ਅੰਤਿਮ ਸੰਸਕਾਰ ਕਰ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਲਖਬੀਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਉਸਦਾ ਅੰਤਿਮ ਸੰਸਕਾਰ ਪਿੰਡ ਵਿਚ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਖੁੱਲ੍ਹ ਕੇ ਵਿਰੋਧ ਵੀ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਦੂਜੀਆ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਇਸ ਮੁੱਦੇ ’ਤੇ ਕੋਈ ਵੀ ਪ੍ਰਤੀਕਿਰਿਆ ਕਰਕੇ ਇਸ ਮਾਮਲੇ ਨੂੰ ਹੋਰ ਨਾ ਭੜਕਾਇਆ ਜਾਵੇ।
ਬੇਅਦਬੀ ਦੇ ਦੋਸ਼ ’ਚ ਹੋਇਆ ਲਖਬੀਰ ਦਾ ਕਤਲ- ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਸਿੰਘੂ ਬਾਰਡਰ ਕੋਲ ਨਿਹੰਗ ਜਥੇਬੰਦੀ ਬਾਬਾ ਬਲਵਿੰਦਰ ਸਿੰਘ ਮੋਇਆਂ ਦੀ ਮੰਡੀ ਵਾਲੇ (ਮੁੱਖ ਸਥਾਨ ਸ੍ਰੀ ਫਤਹਿਗੜ੍ਹ ਸਾਹਿਬ) ਦੇ ਟੈਂਟ ਵਿਚੋਂ ‘ਸਰਬਲੋਹ ਗ੍ਰੰਥ’ ਦੀ ਬੇਅਦਬੀ ਕਰਕੇ ਭੱਜਣ ਵਾਲੇ ਨੌਜਵਾਨ ਦਾ ਬੇਰਹਿਮ ਤਰੀਕੇ ਨਾਲ ਕਤਲ ਕਰਕੇ ਉਸ ਦੀ ਵੱਢੀ-ਟੁੱਕੀ ਲਾਸ਼ ਪੁਲਸ ਬੈਰੀਕੇਡ ਨਾਲ ਲਟਕਾ ਦਿੱਤੀ ਗਈ ਸੀ।
ਵਾਇਰਲ ਵੀਡੀਓ ਅਨੁਸਾਰ ਕੁੱਝ ਨਿਹੰਗ ਸਿੰਘਾਂ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਵੀ ਲਈ ਗਈ ਹੈ। ਕੁੰਡਲੀ ਥਾਣਾ ਪੁਲਸ ਨੇ ਦਫ਼ਾ 302 ਤੇ 34 ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਨਿਹੰਗ ਜਥੇਬੰਦੀ ਦੇ ਮੈਂਬਰ ਸਰਬਜੀਤ ਸਿੰਘ ਨੇ ਪੁਲਸ ਸਾਹਮਣੇ ਆਤਮ ਸਮਰਪਣ ਵੀ ਕਰ ਦਿੱਤਾ ਹੈ ਅਤੇ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਸਰਬਜੀਤ ਦੇ ਮੈਡੀਕਲ ਟੈਸਟ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸਿੰਘੂ ਬਾਰਡਰ ’ਤੇ ਨਿਹੰਗਾਂ ਵਲੋਂ ਬੇਰਹਿਮੀ ਨਾਲ ਕਤਲ ਕੀਤੇ ਲਖਬੀਰ ਸਿੰਘ ਦੀ ਦੇਹ ਤਰਨਤਾਰਨ ਜ਼ਿਲ੍ਹੇ ’ਚ ਸਥਿਤ ਉਸ ਦੇ ਪਿੰਡ ਚੀਮਾ ਵਿਚ ਪਹੁੰਚਣ ਨੂੰ ਲੈ ਕੇ ਵਿਰੋਧ ਸ਼ੁਰੂ ਹੋ ਗਿਆ …
Wosm News Punjab Latest News